ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਸਮੇਤ ਕਈ ਹੋਰ ਮੁੱਦਿਆਂ ਨੂੰ ਵੀ ਚੁੱਕ ਸਕਦੇ ਹਨ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ।
ਇਸ ਦੇ ਨਾਲ ਹੀ ਸਰਹੱਦ ਪਾਰੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ 25 ਕੰਪਨੀਆਂ ਅਤੇ ਬੀ. ਐੱਸ. ਐੱਫ. ਲਈ ਡਰੋਨ ਨੂੰ ਨਸ਼ਟ ਕਰਨ ਵਾਲੇ ਉਪਕਰਨ ਤੁਰੰਤ ਮੰਗੇ ਹਨ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਆਈ. ਐੱਸ. ਆਈ. ਦੀਆਂ ਵਧਦੀਆਂ ਸਰਗਰਮੀਆਂ ਨਾਲ ਸੂਬੇ ’ਚ ਹਾਲੀਆ ਸਮੇਂ ’ਚ ਹਥਿਆਰਾਂ, ਹੱਥਗੋਲਿਆਂ ਅਤੇ ਆਈ. ਈ. ਡੀਜ਼ ਦੀ ਵੱਡੀ ਪੱਧਰ ’ਤੇ ਘੁਸਪੈਠ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਜ ਸ਼ਾਮ ਅਮਿਤ ਸ਼ਾਹ ਨਾਲ ਬੈਠਕ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ, ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ।